ḍhāli, ḍhāluढालि, ढालु
ਸੰਗ੍ਯਾ- ਸੰਚੇ ਵਿੱਚ ਪਾਣੀ ਤੁਲ੍ਯ ਹੋਈ ਠੋਸ ਵਸਤੁ ਦੇ ਢਲਨ ਦਾ ਭਾਵ. "ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ." (ਜਪੁ) ੨. ਢਾਲਨ (ਰੋੜ੍ਹਨ) ਦਾ ਭਾਵ. "ਚੇਤਿ ਢਾਲਿ ਪਾਸਾ." (ਆਸਾ ਕਬੀਰ) ੩. ਕ੍ਰਿ. ਵਿ- ਢਾਲਿ. ਢਾਲਕੇ.
संग्या- संचे विॱच पाणी तुल्य होई ठोस वसतु दे ढलन दा भाव. "भांडा भाउ अंम्रितु तितु ढालि." (जपु) २. ढालन (रोड़्हन) दा भाव. "चेति ढालि पासा." (आसा कबीर) ३. क्रि. वि- ढालि. ढालके.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਸੰ. ਵਿ- ਸਮਾਨ. ਬਰਾਬਰ। ੨. ਸਦ੍ਰਿਸ਼. ਜੇਹਾ। ੩. ਸੰਗ੍ਯਾ- ਇੱਕ ਗੰਧਰਵ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਵਿ- ਨਿੱਗਰ. ਜੋ ਵਿੱਚੋਂ ਥੋਥਾ (ਖਾਲੀ) ਨਹੀਂ। ੨. ਦ੍ਰਿੜ੍ਹ. ਮਜਬੂਤ। ੩. ਦੇਖੋ, ਠੋਸਣਾ....
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. ਭਾਂਡ, ਸੰਗ੍ਯਾ- ਪਾਤ੍ਰ. ਬਰਤਨ. "ਧਨੁ ਭਾਂਡਾ, ਧਨੁ ਮਸੁ." (ਮਃ ੧. ਵਾਰ ਮਲਾ) ਧਨ੍ਯ ਹੈ ਪਾਤ੍ਰ (ਦਵਾਤ) ਧਨ੍ਯ ਹੈ ਮਸਿ (ਰੌਸ਼ਨਾਈ). ੨. ਭਾਵ- ਅੰਤਹਕਰਣ. "ਜਿਨ ਕਉ ਭਾਂਡੈ ਭਾਉ, ਤਿਨਾ ਸਵਾਰਸੀ." (ਸੂਹੀ ਮਃ ੧) ੩. ਸੰਚਾ. ਉਹ ਪਾਤ੍ਰ. ਜਿਸ ਵਿੱਚ ਢਲੀ ਹੋਈ ਧਾਤੁ ਪਾਈਏ. "ਭਾਂਡਾ ਭਾਉ, ਅਮ੍ਰਿਤੁ ਤਿਤੁ ਢਾਲਿ." (ਜਪੁ) ੪. ਉਪਦੇਸ਼ ਦਾ ਪਾਤ੍ਰ. ਉੱਤਮ ਅਧਿਕਾਰੀ। ੫. ਵਿ- ਭੰਡਿਆ. ਨਿੰਦਿਤ. "ਘਿਅ ਪਟ ਭਾਂਡਾ ਕਹੈ ਨ ਕੋਇ." (ਤਿਲੰ ਮਃ ੧) ਘ੍ਰਿਤ ਅਤੇ ਪੱਟ (ਰੇਸ਼ਮ) ਨੂੰ ਕੋਈ ਭਿੱਟੜ ਨਹੀਂ ਆਖਦਾ....
ਸੰਗ੍ਯਾ- ਨਿਰਖ. ਮੁੱਲ। ੨. ਪ੍ਰਭਾਵ. ਅਸਰ. "ਸਿਖਸਭਾ ਦੀਖਿਆ ਕਾ ਭਾਉ." (ਆਸਾ ਮਃ ੧) "ਨਾਰਦ ਨਾਚੈ ਕਲਿ ਕਾ ਭਾਉ." (ਆਸਾ ਮਃ ੧) ੩. ਭਾਗ. ਹਿੱਸਾ. "ਸੁਤਿਆਂ ਮਿਲੈਨ ਭਾਉ." (ਸ. ਫਰੀਦ) ੪. ਸੰ. ਭਾਵ. ਹੋਂਦ. ਹੋਣਾ. ਮੌਜੂਦਗੀ. "ਤੂ ਹਿਰਦੈ ਗੁਪਤ ਵਸਹਿ ਦਿਨ ਰਾਤੀ, ਤੇਰਾ ਭਾਉ ਨ ਬੁਝਹਿ ਗਵਾਰੀ." (ਸੋਰ ਮਃ ੪) ੫. ਦਸ਼ਾ ਹਾਲਤ "ਰਤੁਪੀਣੇ ਰਾਜੇ ਸਿਰੈ ਉਪਰਿ ਰਖੀਅਹਿ, ਏਵੈ ਜਾਪੈ ਭਾਉ." (ਮਃ ੧. ਵਾਰ ਮਾਝ) ੬. ਸ਼੍ਰੱਧਾ. ਵਿਸ਼੍ਵਾਸ. "ਅਸੰਖ ਜਪ ਅਸੰਖ ਭਾਉ." (ਜਪੁ) "ਸੁਣਿਆ ਮੰਨਿਆ ਮਨਿ ਕੀਤਾ ਭਾਉ." (ਜਪੁ) "ਜੇਹਾ ਭਾਉ ਤੇਹਾ ਫਲ ਪਾਈਐ." (ਸੋਰ ਮਃ ੩) ੭. ਸੰਕਲਪ. ਖ਼ਿਆਲ. "ਨਾ ਤਿਸੁ ਭਾਉ ਨ ਭਰਮਾ." (ਸੋਰ ਮਃ ੧) ੮. ਵਾਕ ਦਾ ਸਿੱਧਾਂਤ. ਮਤਲਬ. "ਪੜਿ ਪੜਿ ਕੀਚੈ ਭਾਉ." (ਸ੍ਰੀ ਮਃ ੧) ੯. ਪ੍ਰੇਮ. ਪਿਆਰ. "ਭਾਉ ਭਗਤਿ ਨਹੀ ਸਾਧੀ." (ਰਾਮ ਕਬੀਰ) ੧੦. ਸੰ. ਭਾ. ਚਮਕ. ਦੀਪ੍ਤਿ. "ਦਾਮਿਨੀ ਅਨੇਕ ਭਾਉ ਕਰ੍ਯੋਈ ਕਰਤ ਹੈ." (ਅਕਾਲ)...
ਦੇਖੋ, ਅਮ੍ਰਿਤ. "ਅੰਮ੍ਰਿਤੁ ਹਰਿ ਕਾ ਨਾਉ" (ਸੂਹੀ ਮਃ ੧)...
ਸਰਵ- ਉਸ ਦੀ. "ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ." (ਜਪੁ) ੨. ਉਸ. "ਤਿਤੁ ਘਰਿ ਸਖੀਏ ਮੰਗਲੁ ਗਾਇਆ." (ਮਾਝ ਮਃ ੫) ੩. ਕ੍ਰਿ. ਵਿ- ਤਤ੍ਰ. ਵਹਾਂ. ਉੱਥੇ. "ਵਡਭਾਗੀ ਤਿਤੁ ਨ੍ਹਾਵਾਈਐ." (ਰਾਮ ਮਃ ੪)...
ਸੰਗ੍ਯਾ- ਸੰਚੇ ਵਿੱਚ ਪਾਣੀ ਤੁਲ੍ਯ ਹੋਈ ਠੋਸ ਵਸਤੁ ਦੇ ਢਲਨ ਦਾ ਭਾਵ. "ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ." (ਜਪੁ) ੨. ਢਾਲਨ (ਰੋੜ੍ਹਨ) ਦਾ ਭਾਵ. "ਚੇਤਿ ਢਾਲਿ ਪਾਸਾ." (ਆਸਾ ਕਬੀਰ) ੩. ਕ੍ਰਿ. ਵਿ- ਢਾਲਿ. ਢਾਲਕੇ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਚਿੰਤਨ ਕਰਕੇ. ਸਮਰਣ ਕਰਕੇ. "ਹਰਿ ਚੇਤਿ ਖਾਹਿ ਤਿਨਾ ਸਫਲੁ ਹੈ." (ਵਾਰ ਸ੍ਰੀ ਮਃ ੪)#੨. ਚੈਤ੍ਰ ਮੇਂ. ਚੇਤ ਵਿੱਚ. "ਚੇਤਿ ਗੋਵਿੰਦੁ ਅਰਾਧੀਐ." (ਮਾਝ ਬਾਰਹਮਾਹਾ) ੩. ਚੇਤਣਾ ਕ੍ਰਿਯਾ ਦਾ ਅਮਰ. ਤੂੰ ਯਾਦ ਕਰ. "ਚੇਤਿ ਮਨਾ, ਪਾਰਬ੍ਰਹਮੁ." (ਗਉ ਮਃ ੫)...
ਸੰ. ਪਾਸ਼ਕ. ਸੰਗ੍ਯਾ- ਹਾਥੀ ਦੰਦ ਆਦਿ ਦੇ ਉਂਗਲ ਜਿੰਨੇ ਲੰਮੇ ਚਾਰ ਜਾਂ ਛੀ ਪਹਿਲੂ ਟੁਕੜੇ, ਜਿਨ੍ਹਾਂ ਪੁਰ ਚੋਪੜ (ਚੌਸਰ) ਖੇਡਣ ਲਈ ਬਿੰਦੀਆਂ ਦੇ ਚਿੰਨ੍ਹ ਬਣੇ ਹੁੰਦੇ ਹਨ. ਖਿਲਾਰੀ ਇਨ੍ਹਾਂ ਨੂੰ ਸਿੱਟਕੇ ਅਤੇ ਬਿੰਦੀਆਂ ਦਾ ਹਿਸਾਬ ਜੋੜਕੇ ਗੋਟੀਆਂ ਬਿਸਾਤ ਪੁਰ ਚਲਾਉਂਦੇ ਹਨ. ਅਕ੍ਸ਼੍. "ਕਬਹੁ ਨ ਹਾਰਹਿ ਢਾਲਿ ਜੁ ਜਾਣਹਿ ਪਾਸਾ." (ਸੂਹੀ ਕਬੀਰ) ੨. ਪਾਰ੍ਸ਼੍ਵ. ਬਗਲ। ੩. ਦਿਸ਼ਾ. ਓਰ। ੪. ਸ਼ੁੱਧ ਸੋਨੇ ਦਾ ਇੱਕ ਚੁਕੋਣਾ ਟੁਕੜਾ, ਜੋ ਤੋਲ ਵਿੱਚ ਛੱਬੀ ਤੋਲੇ ਅੱਠ ਮਾਸ਼ੇ ਦਾ ਹੁੰਦਾ ਹੈ। ੫. ਰਮਲ ਦਾ ਡ਼ਾਲਣਾ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....