dhamāmāदमामा
ਫ਼ਾ. [دمامہ] ਦਮਾਮਹ. ਸੰਗ੍ਯਾ- ਨਗਾਰਾ. ਧੌਂਸਾ. "ਗਗਨ ਦਮਾਮਾ ਬਾਜਿਓ." (ਮਾਰੂ ਕਬੀਰ) ਭਾਵ- ਦਿਮਾਗ ਵਿੱਚ ਸ਼ਬਦ ਦੀ ਚੋਟ ਲੱਗੀ.
फ़ा. [دمامہ] दमामह. संग्या- नगारा. धौंसा. "गगन दमामा बाजिओ." (मारू कबीर) भाव- दिमाग विॱच शबद दी चोट लॱगी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [نقارہ] ਨੱਕ਼ਾਰਹ. ਸੰਗ੍ਯਾ- ਧੌਂਸਾ. ਦੁੰਦੁਭਿ....
ਸੰਗ੍ਯਾ- ਵਡਾ ਨਗਾਰਾ....
ਸੰ. ਸੰਗ੍ਯਾ- ਜਿਸ ਵਿੱਚ ਗਮਨ ਕਰੀਏ, ਆਕਾਸ਼. "ਗਗਨਮੈ ਥਾਲੁ ਰਵਿ ਚੰਦੁ ਦੀਪਕ ਬਨੇ." (ਸੋਹਿਲਾ) ੨. ਬਿੰਦੀ. ਸਿਫਰ। ੩. ਸੁੰਨਾ ਥਾਂ. ਪੁਲਾੜ। ੪. ਅਬਰਕ. ਅਭ੍ਰਕ। ੫. ਸੁਰਗ। ੬. ਪਵਨ. ਵਾਯੁ. ਹਵਾ. "ਊਪਰਿ ਕੂਪ ਗਗਨ ਪਨਿਹਾਰੀ." (ਪ੍ਰਭਾ ਮਃ ੧) ਦਸ਼ਮਦ੍ਵਾਰ ਕੂਪ, ਪਵਨ (ਪ੍ਰਾਣਾਯਾਮ ਦੀ ਸਾਧਨਾ) ਪਨਿਹਾਰੀ। ੭. ਭਾਵ- ਸਰਵਵ੍ਯਾਪੀ ਕਰਤਾਰ. "ਗਗਨ ਗੰਭੀਰੁ ਗਗਨੰਤਰਿ ਵਾਸੁ." (ਓਅੰਕਾਰ) ੮. ਦਸ਼ਮਦ੍ਵਾਰ. "ਗਗਨਿ ਨਿਵਾਸਿ ਸਮਾਧਿ ਲਗਾਵੈ." (ਆਸਾ ਅਃ ਮਃ ੧) ੯. ਦੇਖੋ, ਛੱਪਯ ਦਾ ਰੂਪ ੧.। ੧੦. ਇੱਕ ਗਿਣਤੀ ਦਾ ਬੋਧਕ, ਕਿਉਂਕਿ ਆਕਾਸ਼ ਇੱਕ ਮੰਨਿਆ ਹੈ....
ਫ਼ਾ. [دمامہ] ਦਮਾਮਹ. ਸੰਗ੍ਯਾ- ਨਗਾਰਾ. ਧੌਂਸਾ. "ਗਗਨ ਦਮਾਮਾ ਬਾਜਿਓ." (ਮਾਰੂ ਕਬੀਰ) ਭਾਵ- ਦਿਮਾਗ ਵਿੱਚ ਸ਼ਬਦ ਦੀ ਚੋਟ ਲੱਗੀ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਅ਼. [دِماغ] ਸੰਗ੍ਯਾ- ਮਗ਼ਜ਼. ਮਸਤਿਸ੍ਕ. Brain. ਬੁੱਧਿ ਦਾ ਅਸਥਾਨ. ਇਹ ਸ਼ਰੀਰ ਦੇ ਸਾਰੇ ਅੰਗਾਂ ਦਾ ਸਰਦਾਰ ਹੈ. ਵਿਦ੍ਵਾਨਾਂ ਨੇ ਅੰਤਹਕਰਣ ਦਾ ਨਿਵਾਸ ਇਸੇ ਵਿੱਚ ਮੰਨਿਆ ਹੈ। ੨. ਬੁੱਧਿ. ਸਮਝ। ੩. ਅਭਿਮਾਨ. ਘਮੰਡ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਸੱਟ. ਆਘਾਤ. ਪ੍ਰਹਾਰ. ਦੇਖੋ, ਚੁਟ ਧਾ. "ਚੋਟ ਸਹਾਰੈ ਸਬਦ ਕੀ." (ਸ. ਕਬੀਰ) ੨. ਨਗਾਰੇ ਪੁਰ ਚੋਬ ਦੀ ਸੱਟ. "ਰਣ ਚੋਟ ਪਰੀ ਪਗ ਦ੍ਵੈ ਨ ਟਲੇ ਹੈਂ." (ਵਿਚਿਤ੍ਰ)...