nainūनैनू
ਮੱਖਣ. ਦੇਖੋ, ਨੈਣੂ. "ਨੀਰ ਬਿਲੋਵੈ ਅਤਿ ਸ੍ਰਮੁ ਪਾਵੈ, ਨੈਨੂ ਕੈਸੇ ਰੀਸੈ?" (ਸਾਰ ਮਃ ੫) ੨. ਨਯਨ. ਨੇਤ੍ਰ. "ਨੈਨੂ ਨਕਟੂ ਸ੍ਰਵਨੂ." (ਮਾਰੂ ਕਬੀਰ)
मॱखण. देखो, नैणू. "नीर बिलोवै अति स्रमु पावै, नैनू कैसे रीसै?" (सार मः ५) २. नयन. नेत्र. "नैनू नकटू स्रवनू." (मारू कबीर)
ਸੰ. ਮ੍ਰਿਕ੍ਸ਼੍ਣ ਅਤੇ ਮੰਥਜ. ਫ਼ਾ. [مسکہ] ਮਸਕਹ. ਵਿ- ਸੰਗ੍ਯਾ- ਮਥਨ (ਰਿੜਕਨ) ਤੋਂ ਪੈਦਾ ਹੋਇਆ ਪਦਾਰਥ. ਨਵਨੀਤ. ਨੈਨੂ. ਮਾਖਨ....
ਸੰਗ੍ਯਾ- ਨਵਨੀਤ. ਮੱਖਣ. "ਆਤਸੜੀ ਮੰਝਿ ਨੈਣੂ." (ਵਾਰ ਮਾਰੂ ੨. ਮਃ ੫) ਜਿਵੇਂ- ਅੱਗ ਵਿੱਚ ਮੱਖਣ। ੨. ਇੱਕ ਕਿਸਮ ਦਾ ਕਪੜਾ, ਜੋ ਚਿਕਨ ਜੇਹਾ ਹੁੰਦਾ ਹੈ। ੩. ਨਾਰਾਇਣ ਦਾ ਸੰਖੇਪ ਨਰੈਣੂ, ਨਰੈਮੂ ਦਾ ਸੰਖੇਪ ਨੈਣੂ....
ਵਿ- ਪਾਸ. ਸਮੀਪ. "ਜਮੁ ਨਹੀ ਆਵੈ ਨੀਰ." (ਵਾਰ ਮਾਰੂ ੨. ਮਃ ਪ) ਦੇਖੋ, ਨੀਅਰ। ੨. ਮੁਲ. ਸੰਗ੍ਯਾ- ਅੰਝੂ. ਆਂਸੂ. ਹੰਝੂ। ੩. ਵਿਖੇਰਨਾ। ੪. ਵਰਤਾਉਣਾ. ਪਰੋਸਣਾ। ਪ ਸੰ. ਰਸ। ੬. ਜਲ. ਪਾਣੀ. "ਸ਼੍ਯਾਮਲ ਨੀਰ ਬਹੈ ਜਮਨਾ." (ਗੁਪ੍ਰਸੂ)...
ਸੰ. ਵਿ- ਬਹੁਤ. ਅਧਿਕ. "ਅਤਿ ਸੂਰਾ ਜੇ ਕੋਊ ਕਹਾਵੈ." (ਸੁਖਮਨੀ)...
ਦੇਖੋ, ਸ੍ਰਮ। ੨. ਫ਼ਾ. [شرم] ਸ਼ਰਮ. ਲੱਜਾ. "ਮਾਨੁਖੁ ਕਉ ਜਾਚਤ ਸ੍ਰਮੁ ਪਾਈਐ." (ਧਨਾ ਮਃ ੫)...
ਪ੍ਰਾਪ੍ਤ ਕਰਦਾ ਹੈ. ਪਾਉਂਦਾ ਹੈ। ੨. ਕ੍ਰਿ. ਵਿ- ਪੈਰੀਂ ਚਰਨੀਂ. "ਲਗਿ ਸਤਿਗੁਰਿ ਪਾਵੈ." (ਆਸਾ ਮਃ ੫)...
ਮੱਖਣ. ਦੇਖੋ, ਨੈਣੂ. "ਨੀਰ ਬਿਲੋਵੈ ਅਤਿ ਸ੍ਰਮੁ ਪਾਵੈ, ਨੈਨੂ ਕੈਸੇ ਰੀਸੈ?" (ਸਾਰ ਮਃ ੫) ੨. ਨਯਨ. ਨੇਤ੍ਰ. "ਨੈਨੂ ਨਕਟੂ ਸ੍ਰਵਨੂ." (ਮਾਰੂ ਕਬੀਰ)...
ਕ੍ਰਿ. ਵਿ- ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. "ਕੈਸੇ ਹਰਿਗੁਣ ਗਾਵੈ?" (ਵਡ ਅਃ ਮਃ ੩) ਕੇਹੋ ਜੇਹੀ. ਕੇਹੀ। ੨. ਕੈਸੀ ਸ਼ਬਦ "ਜੈਸੀ" ਅਰਥ ਵਿੱਚ ਭੀ ਆਇਆ ਹੈ. "ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ." (ਅਕਾਲ)...
ਨਿਕਲਦਾ. ਟਪਕਦਾ. (ਸੰ. ऋष्. ਧਾ- ਵਹਿਣਾ) "ਨੀਰੁ ਬਿਲੋਵੈ ਅਤਿ ਸ੍ਰਮ ਪਾਵੈ, ਨੈਨੂ ਕੈਸੇ ਰੀਸੈ?" (ਸਾਰ ਮਃ ੫) ੨. ਰੀਸੇ ਤੋਂ. ਰੀਸ ਕਰਕੇ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਦੇਖੋ, ਨਯਣ....
ਸੰਗ੍ਯਾ- ਜੋ ਪਦਾਰਥਾਂ ਵੱਲ ਮਨ ਦੀ ਵ੍ਰਿੱਤੀ ਲੈ ਜਾਵੇ. ਨਯਨ. ਅੱਖ. ਚਸ਼ਮ. ਚਕ੍ਸ਼੍ਰ. "ਨੇਤ੍ਰ ਪੁਨੀਤ ਪੇਖਤ ਹੀ ਦਰਸ." (ਗਉ ਮਃ ੫) ੨. ਮਧਾਣੀ ਨੂੰ ਲਪੇਟੀ ਰੱਸੀ। ੩. ਬਿਰਛ ਦੀ ਜੜ। ੪. ਨਾੜੀ. ਰਗ। ੫. ਰਬ। ੬. ਦੋ ਸੰਖ੍ਯਾ ਬੋਧਕ, ਕ੍ਯੋਂਕਿ ਨੇਤ੍ਰ ਦੋ ਹੁੰਦੇ ਹਨ....
ਸੰ. ਨਕੁਟ ਅਤੇ ਨਕੁਟੀ. ਨਾਸਿਕਾ. ਨੱਕ. "ਨੈਨੂ ਨਕਟੁ ਸ੍ਰਵਨੁ." (ਮਾਰੂ ਕਬੀਰ) ੨. ਦੇਖੋ, ਨਕਟਾ....
ਦੇਖੋ, ਸ੍ਰਵਣ. "ਨੈਨੂ ਨਕਟੂ ਸ੍ਰਵਨੂ". (ਮਾਰੂ ਕਬੀਰ) ੨. ਸ਼੍ਰਵਣ ਗੋਲਕ ਵਿੱਚ ਰਹਿਣ ਵਾਲਾ ਸ਼੍ਰਵਣੇਂਦ੍ਰਿਯ. ਦੇਖੋ, ਗੋਲਕ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....