lubara, lūbarā, lūnbarha, lūnbarhīलुबर, लूबरा, लूंबड़, लूंबड़ी
ਸੰਗ੍ਯਾ- ਰੋਬਾਹ. ਗਿੱਦੜ ਦੀ ਜਾਤਿ ਦਾ ਇੱਕ ਜੀਵ, ਜੋ ਕੱਦ ਵਿੱਚ ਛੋਟਾ ਅਤੇ ਦੁੰਮ ਪੁਰ ਲੰਮੇ ਰੋਮ ਰਖਦਾ ਹੈ. ਸੰ. ਲੋਮਸ਼ਾ. "ਮਾਜਾਰ ਗਾਡਰ ਅਰੁ ਲੂਬਰਾ." (ਭੈਰ ਕਬੀਰ) ਦੇਖੋ, ਲੂਮ ਅਤੇ ਲੂਮਰ.
संग्या- रोबाह. गिॱदड़ दी जाति दा इॱक जीव, जो कॱद विॱच छोटा अते दुंम पुर लंमे रोम रखदा है. सं. लोमशा. "माजार गाडर अरु लूबरा." (भैर कबीर) देखो, लूम अते लूमर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਰੂਬਾਹ....
ਦੇਖੋ, ਗਿਦੜ....
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਸੰ. ਸੰਗ੍ਯਾ- ਜੀਵਾਤਮਾ. "ਈਸ੍ਵਰ ਜੀਵ ਏਕ ਇਮ ਜਾਨਹੁ." (ਗੁਪ੍ਰਸੂ) ਦੇਖੋ, ਆਤਮਾ। ੨. ਪਾਣੀ. "ਜੀਵ ਜਿਤੇ ਜਲ ਮੈ ਥਲ ਮੈ." (ਅਕਾਲ) ੩. ਵ੍ਰਿਹਸਪਤਿ. ਦੇਵਗੁਰੂ। ੪. ਚੰਦ੍ਰਮਾ। ੫. ਵਿਸਨੁ। ੬. ਜਲ. "ਜੀਵ ਗਯੋ ਘਟ ਮੇਘਨ ਕੋ." (ਕ੍ਰਿਸਨਾਵ) ੭. जीव् ਧਾ- ਜਿਉਣਾ, ਉਪਜੀਵਿਕਾ ਲਈ ਕਮਾਉਣਾ, ਸੁਖ ਨਾਲ ਰਹਿਣਾ....
ਖਤ੍ਰੀ ਗੋਤ੍ਰ, ਜੋ ਛੋਟੇ ਸਰੀਣਾਂ ਵਿੱਚੋਂ ਹੈ। ੨. ਅ਼. [قّدّ] ਕ਼ੱਦ. ਡੀਲ. ਆਕਾਰ ਦੀ ਲੰਬਾਈ ਚੌੜਾਈ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਲੰਮਾ (ਲੰਬਾ) ਦਾ ਬਹੁਵਚਨ। ੨. ਲੰਮੇ (ਦੀਰਘ) ਨੂੰ. ਜੋ ਸਭ ਤੋਂ ਵਡਾ ਹੈ ਉਸ ਨੂੰ "ਲੰਮੇ ਸੇਵਹਿ ਦਰੁ ਖੜਾ." (ਵਾਰ ਮਾਰੂ ੨. ਮਃ ੫) ੩. ਸੰਗ੍ਯਾ- ਜਿਲਾ ਲੁਦਿਆਨਾ, ਤਸੀਲ ਅਤੇ ਥਾਣਾ ਜਗਰਾਉਂ ਦਾ ਪਿੰਡ, ਜੋ ਰੇਲਵੇ ਸਟੇਸ਼ਨ ਜਗਰਾਉਂ ਤੋਂ ਅੱਠ ਮੀਲ ਦੱਖਣ ਪੱਛਮ ਹੈ, ਅਰ ਰਾਇਕੋਟ ਵਾਲੀ ਪੱਕੀ ਸੜਕ ਤੋਂ ਇੱਕ ਮੀਲ ਕਿਨਾਰੇ ਹੈ. ਇਸ ਪਿੰਡ ਵਿੱਚ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਗੁਰਦ੍ਵਾਰਾ ਹੈ. ਗੁਰੂਸਾਹਿਬ ਮਾਛੀਵਾੜੇ ਵੱਲੋਂ ਆਕੇ ਇੱਥੇ ਵਿਰਾਜੇ ਹਨ. ਭਾਈ ਸੰਤੋਖਸਿੰਘ ਨੇ ਲਿਖਿਆ ਹੈ ਕਿ ਕਲ੍ਹਾਰਾਯ ਨੂੰ ਗੁਰੂ ਸਾਹਿਬ ਨੇ ਇਸੇ ਥਾਂ ਖੜਗ ਬਖ਼ਸ਼ਿਆ ਹੈ. ਦੇਖੋ, ਕਲ੍ਹਾਰਾਯ. ਹੁਣ ਦਰਬਾਰ ਨਵਾਂ ਬਣ ਰਿਹਾ ਹੈ. ਗੁਰਦ੍ਵਾਰੇ ਨਾਲ ੪੦ ਘੁਮਾਉਂ ਜ਼ਮੀਨ ਕਈ ਪਿੰਡਾਂ ਵੱਲੋਂ ਹੈ. ਪੁਜਾਰੀ ਸਿੰਘ ਹੈ. ਇਸ ਪਿੰਡ ਨੂੰ ਲੰਮੇ ਜਟਪੁਰੇ ਭੀ ਆਖਦੇ ਹਨ. ਕਿਸੇ ਸਮੇਂ ਇਸ ਦਾ ਨਾਮ ਰਣਧੀਰਗੜ੍ਹ ਸੀ....
ਸੰ. रोमन्. ਸੰਗ੍ਯਾ- ਵਾਲ. ਲੂੰ. ਕੇਸ. "ਰੋਮ ਰੋਮ ਮਹਿ ਬਸਹਿ ਮੁਰਾਰਿ." (ਗਉ ਥਿਤੀ ਕਬੀਰ) ੨. ਦੇਖੋ, ਰੂਮ....
ਕ੍ਰਿ. ਵਿ- ਧਾਰਨ ਕਰਦਾ। ੨. ਰਖ੍ਯਾ ਕਰਦਾ. ਬਚਾਉਂਦਾ. "ਪੈਜ ਰਖਦਾ ਆਇਆ." (ਆਸਾ ਛੰਤ ਮਃ ੪)...
ਸੰ. ਮਾਰ੍ਜਾਰ. ਬਿੱਲਾ. "ਮਾਜਾਰ ਗਾਡਰ ਅਰੁ ਲੂਬਰਾ." (ਭੈਰ ਕਬੀਰ)...
ਡਿੰਗ. ਸੰਗ੍ਯਾ- ਭੇਡ. ਸੰ. गड्डुरी ਗੱਡੁਰੀ. "ਗਾਡਰ ਲੇ ਕਾਮਧੇਨੁ ਕਰਿ ਪੂਜੀ." (ਗਉ ਮਃ ੫)...
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ." (ਆਸਾ ਕਬੀਰ)...
ਸੰਗ੍ਯਾ- ਰੋਬਾਹ. ਗਿੱਦੜ ਦੀ ਜਾਤਿ ਦਾ ਇੱਕ ਜੀਵ, ਜੋ ਕੱਦ ਵਿੱਚ ਛੋਟਾ ਅਤੇ ਦੁੰਮ ਪੁਰ ਲੰਮੇ ਰੋਮ ਰਖਦਾ ਹੈ. ਸੰ. ਲੋਮਸ਼ਾ. "ਮਾਜਾਰ ਗਾਡਰ ਅਰੁ ਲੂਬਰਾ." (ਭੈਰ ਕਬੀਰ) ਦੇਖੋ, ਲੂਮ ਅਤੇ ਲੂਮਰ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. ਸੰਗ੍ਯਾ- ਪੂਛ. ਦੁਮ. ਲਾਂਗੂਲ....
ਲੋਮ- ਧਰ. ਲੰਮੇ ਬਾਲਾਂ ਵਾਲੀ ਦੁੱਮ ਰੱਖਣ ਵਾਲਾ. ਦੇਖੋ, ਲੂੰਬੜ....